ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥
ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥
ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥
ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥
ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥੨੪੩॥
ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥
ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥
ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥
ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥
ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥
ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥੨੪੩॥
ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥
ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥
ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥
ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥
ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥
ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥੨੪੪॥
ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥
ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥
ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥
ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥
ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥
ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥੨੪੪॥
ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥
ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥
ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥
ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥
ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥
ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥੨੪੪॥
ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥
ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥
ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥
ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥
ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥
ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥੨੪੪॥
ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥
ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥
ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥
ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥
ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥
ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥੨੪੪॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥੨੪੪॥
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥
ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥
ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥
ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥
ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥
ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥੨੪੫॥
ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥
ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥
ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥
ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥
ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥
ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥੨੪੬॥
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥
ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥
ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥
ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥
ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥
ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥੨੪੬॥
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥
ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥
ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥
ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥
ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥
ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥੨੪੬॥
ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥
ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥
ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥
ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥
ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥੪੩੯॥
ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥
ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥
ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥
ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥
ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥
ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥੪੩੯॥
ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥੪੪੦॥
ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥੪੪੦॥
ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥
ਹਰਿ ਸੋਹਿਲਾ ਤਿਨ੍ਹ੍ਹ ਸਦ ਸਦਾ ਜੋ ਹਰਿ ਗੁਣ ਗਾਵਹਿ ॥
ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥
ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥
ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥
ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥੪੪੦॥
ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥
ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥
ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥
ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥
ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥
ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥੪੪੦॥
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥੪੪੧॥
ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥
ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥
ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥੪੪੧॥
ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥
ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥
ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥
ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥
ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥
ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥੪੪੧॥
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥
ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥
ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥
ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥
ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥੫੬੭॥
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥
ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥
ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥
ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥
ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥
ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥੫੬੭॥
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥
ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥
ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥
ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥
ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥
ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥੫੬੮॥
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥
ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥
ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥
ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥
ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥
ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥੫੬੮॥
ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥
ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥
ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥
ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥
ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥
ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥੨੬੮॥
ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥੫੬੯॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥
ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥
ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥
ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥
ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥
ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥੫੭੦॥
ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥
ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥
ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥
ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥
ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥
ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥੫੭੦॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥
ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥
ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥
ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥
ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥
ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥੫੭੦॥
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥
ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥
ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥
ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥
ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥
ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥੫੭੧॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥
ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥
ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥
ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥
ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥੫੮੩॥
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥
ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ ॥
ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥
ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥
ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥
ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ॥੨॥੫੮੩॥
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥
ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥
ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥
ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥
ਨਾਨਕ ਸਾ ਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥
ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥੪॥੨॥੫੮੩॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥
ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥
ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥
ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥
ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥
ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥੭੬੮॥