ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
Guru Har Krishan Sahib Ji
ਗੁਰੂ ਹਰਿਕ੍ਰਿਸ਼ਨ ਸਾਹਿਬ ਜੀ (੭ ਜੁਲਾਈ ੧੬੫੬ - ੩੦ ਮਾਰਚ ੧੬੬੪), ਸਿੱਖਾਂ ਦੇ ਅੱਠਵੇਂ ਗੁਰੂ ਸਨ। ਆਪ ਜੀ ਦਾ ਜਨਮ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ ਮਾਤਾ ਕ੍ਰਿਸ਼ਨ ਕੌਰ ਜੀ ਦੀ ਕੁੱਖੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ੬ ਅਕਤੂਬਰ ਸੰਨ ੧੬੬੧ ਈ. ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੂੰ ਗੁਰਤਾ ਦੀ ਜ਼ਿੰਮੇਵਾਰੀ ਸੌਂਪ ਕੇ ਗੁਰੂ ਹਰਿ ਰਾਇ ਜੀ ਨੇ ਹਦਾਇਤ ਕੀਤੀ ਕਿ ਤੁਸੀਂ ਔਰੰਗਜ਼ੇਬ ਦੇ ਮੱਥੇ ਨਹੀਂ ਲੱਗਣਾ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ। ਦਿੱਲੀ ਵਿੱਚ ਬੁਖ਼ਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ-ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ। ਰੋਗੀਆਂ ਦੀ ਸੇਵਾ ਕਰਦਿਆਂ ਗੁਰੂ ਜੀ ਨੂੰ ਵੀ ਤੇਜ਼ ਬੁਖ਼ਾਰ ਹੋ ਗਿਆ। ਉਨ੍ਹਾਂ ਦੇ ਸਰੀਰ ‘ਤੇ ਵੀ ਚੇਚਕ ਦੇ ਲੱਛਣ ਦਿੱਸਣ ਲੱਗ ਪਏ। ਆਪਣਾ ਅੰਤ ਸਮਾਂ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ।