Vaar Raag Gauri : Guru Ram Das Ji

ਗਉੜੀ ਕੀ ਵਾਰ : ਗੁਰੂ ਰਾਮ ਦਾਸ ਜੀ

ਗਉੜੀ ਕੀ ਵਾਰ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥

1

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥
ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥
ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥
ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥
ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥

(ਗੋਸਾਈ=ਧਰਤੀ ਦਾ ਖ਼ਸਮ, ਪਾਈ=ਪੈਰਾਂ ਤੇ,
ਸੁਆਲਿਓ=ਸੋਹਣੀ, ਨਾਮਿ=ਨਾਮ ਵਿਚ)

2

ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥
ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥
ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥
ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥
ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥

(ਨਿਰੰਕਾਰੁ=ਅਕਾਰ-ਰਹਿਤ, ਨਿਰੰਜਨ=
ਮਾਇਆ ਦੇ ਪ੍ਰਭਾਵ ਤੋਂ ਰਹਿਤ, ਲਵੈ ਲਾਇ=
ਬਰਾਬਰੀ ਦੇ ਕੇ, ਨਾਇਆ=ਨਾਈ,ਵਡਿਆਈ)

3

ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥
ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥
ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥
ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥
ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥

(ਪੁਰਖੁ=ਸਭ ਵਿਚ ਵਿਆਪਕ, ਵੜੀਐ=ਤੁਲਨਾ
ਦੇਈਏ, ਕਾਇਤੁ=ਕਿਉਂ, ਕੜੀਐ=ਚਿੰਤਾ ਕਰੀਏ)

4

ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥
ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥
ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥
ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥
ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥

(ਬੁਝਾਹੀ=ਤੂੰ ਸਮਝ ਦੇਂਦਾ ਹੈਂ, ਕਰਣ=ਜਗਤ,
ਅਗਮੁ=ਅਪਹੁੰਚ, ਛਡਾਹੀ=ਦੁੱਖਾਂ ਝੋਰਿਆਂ ਤੋਂ
ਤੂੰ ਛਡਾਂਦਾ ਹੈਂ)

5

ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥
ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥
ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥
ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥

(ਸਾਹਿਬ ਮਨਿ=ਸਾਹਿਬ ਦੇ ਮਨ ਵਿਚ)

6

ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥
ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥
ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥
ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥
ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥

(ਜਮ ਕੰਕਰੁ=ਜਮ ਦਾ ਸੇਵਕ,ਜਮਦੂਤ, ਉਜਲੇ=ਖਿੜੇ ਹੋਏ,
ਸਟੀਅਨਿ=ਸੱਟੇ ਜਾਂਦੇ ਹਨ, ਕੂੜੋ=ਕੂੜ ਹੀ)

7

ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥
ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥
ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥
ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

(ਵਿਕਣਿ=ਵੇਚਣ ਲਈ, ਪਲਰੀ=ਪਰਾਲੀ ਦੇ ਵੱਟੇ,
ਆਲਾਏ=ਉਚਾਰਦਾ ਹੈ)

8

ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥
ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥
ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥
ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥
ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥੮॥

(ਟਿਕੇ=ਟਿੱਕੇ,ਤਿਲਕ ਦੇਂਦਾ ਹੈ,ਅਸੀਸ ਦੇਂਦਾ ਹੈ)

9

ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥
ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥
ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥
ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥
ਓਨ੍ਹ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥੯॥

(ਬਣੀਐ=ਬਣ ਜਾਈਦਾ ਹੈ, ਹੋਰਿ=ਕਈ ਹੋਰ ਮਨੁੱਖ, ਕੂੜਿਆਰ=
ਕੂੜ ਦੇ ਵਪਾਰੀ, ਝੜਿ ਪੜੀਐ=ਰਹਿ ਜਾਂਦੇ ਹਨ)

10

ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥
ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥
ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥
ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥
ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥

(ਅਗਮੁ=ਅ+ਗਮੁ,ਜਿਸ ਤਕ ਪਹੁੰਚ ਨਾ ਹੋ ਸਕੇ, ਦਾਣਾ=ਦਾਨਾ,
ਸਿਆਣਾ, ਸੁਘੜੁ=ਸੋਹਣੀ ਘਾੜਤ ਵਾਲਾ, ਸੁਚੱਜਾ, ਹੋਰਤੁ=ਹੋਰ ਥਾਂ,
ਪਚਿ ਪਚਿ=ਸੜ ਸੜ ਕੇ)

11

ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥
ਮਨਿ ਖੋਟੇ ਦਯਿ ਵਿਛੋੜੇ ॥੧੧॥

(ਬਰਕਤਿ ਖਾਹਿ=ਕਮਾਈ ਖਾਂਦੇ ਹਨ,ਉਹਨਾਂ ਦਾ ਸਦਕਾ ਹੋਰ
ਭੀ ਨਾਮ ਸਿਮਰਦੇ ਹਨ)

12

ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥

(ਮੁਖੈ ਤੇ=ਮੂੰਹ ਤੋਂ, ਹੋਵੰਦੇ=ਵਰਤ ਜਾਂਦੇ ਹਨ,
ਪਹਾਰਾ=ਸੰਸਾਰ ਵਿਚ, ਸਭਿ=ਸਾਰੇ, ਮੁਗਧ=
ਮੂਰਖ, ਖਹੰਦੇ=ਝਗੜਾ ਪਾਂਦੇ ਹਨ, ਓਇ=ਉਹ
ਮੁਗਧ ਨਰ, ਓਨਾ ਗੁਣੈ ਨੋ=ਉਹਨਾਂ ਸੰਤ-ਜਨਾਂ ਦੇ
ਗੁਣਾਂ ਨੂੰ, ਤਿਨਿ=ਉਸ ਨੇ, ਸੰਦੇ=ਦੇ, ਨਿਆਇ=
ਨਿਆਂ ਅਨੁਸਾਰ, ਪਚੰਦੇ=ਸੜਦੇ ਹਨ, ਪੇਡੁ=ਬੂਟਾ,
ਸਰਾਪਿਆ=ਫਿਟਕਾਰਿਆ ਹੋਇਆ)

13

ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥
ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥
ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥
ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥
ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥

(ਦੂ=ਤੋਂ, ਉਪਰਿ=ਵੱਡਾ, ਦੀਬਾਣੁ=ਆਸਰਾ, ਉਜਲੇ=
ਖਿੜੇ ਹੋਏ, ਨੀਸਾਣੁ=ਨੀਸ਼ਾਨ,ਪਰਵਾਨਾ,ਰਾਹਦਾਰੀ)

14

ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥
ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥
ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥
ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥
ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥

(ਦ੍ਰਿੜਾਇ=ਦ੍ਰਿੜ੍ਹ ਕਰਾ,ਨਿਸਚੇ ਕਰਾ, ਸੇਵਕ ਭਾਇ=
ਦਾਸ-ਭਾਵਨਾ ਨਾਲ)

15

ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥
ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥
ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥
ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥
ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥੧੫॥

(ਕੋਟੁ=ਕਿਲ੍ਹਾ, ਹਟਨਾਲੇ=ਬਾਜ਼ਾਰ, ਕਾਇਆ=ਸਰੀਰ,
ਉਝੜਿ=ਉਜਾੜ ਵਿਚ, ਭਵਾਈਅਹਿ=ਭਵਾਏ ਜਾਂਦੇ
ਹਨ, ਮਿਰਗੁ=ਹਰਨ)

16

ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥
ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥
ਸਭੁ ਆਤਮ ਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥
ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥
ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥੧੬॥

(ਗੁਹਜ ਰਤਨ=ਗੁੱਝੇ ਲਾਲ, ਖੋਤਿ=ਖੋਤਰ ਕੇ, ਸਭੁ=ਹਰ ਥਾਂ,
ਆਤਮ ਰਾਮੁ=ਪਰਮਾਤਮਾ, ਓਤਿ=ਉਣੇ ਹੋਏ ਵਿਚ, ਪੋਤਿ=
ਪਰੋਤੇ ਹੋਏ ਵਿਚ,ਤਾਣੇ ਤੇ ਪੇਟੇ ਵਿਚ)

17

ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥
ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥
ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥
ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭॥

(ਉਰਿ=ਹਿਰਦੇ ਵਿਚ, ਜਿਸੁ ਅੰਦਰਿ=ਜਿਸ ਗੁਰੂ ਦੇ
ਅੰਦਰ, ਜਿਨਿ=ਜਿਸ ਗੁਰੂ ਨੇ, ਸਾਧਾਰਿਆ=ਆਧਾਰ
ਵਾਲਾ ਧੀਰਜ ਵਾਲਾ ਹੋ ਗਿਆ, ਘੁਮਿ ਵਾਰਿਆ=
ਸਦਕੇ ਵਾਰੀ ਹਾਂ)

18

ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥
ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈ ॥
ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥
ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥
ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥

(ਹਉ=ਮੈਂ, ਸਾਲਾਹ=ਸਲਾਹੁਣ-ਜੋਗ, ਆਘਾਈ ਰਹੇ=
ਆਘਾਇ ਰਹੇ,ਰੱਜੇ ਰਹਿੰਦੇ ਹਨ, ਗੁਰਿ=ਗੁਰੂ ਦੀ ਰਾਹੀਂ,
ਵਜੀ ਵਾਧਾਈ=ਵਧਾਈ ਵੱਜਦੀ ਹੈ, ਚੜ੍ਹਦੀ ਕਲਾ ਹੁੰਦੀ ਹੈ)

19

ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥
ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥
ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥
ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥
ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥

(ਆਲੁ ਪਤਾਲੁ=ਅਕਾਸ਼ ਪਤਾਲ,ਉੱਚਾ ਨੀਵਾਂ,ਬਕਵਾਸ,
ਮਦਿ=ਸ਼ਰਾਬ ਦੇ ਕਾਰਨ, ਮਤਵਾਲੇ=ਸ਼ਰਾਬੀ,ਮਸਤ)

20

ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥
ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥
ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥
ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥
ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥

(ਅੰਦਰੁ=ਹਿਰਦਾ, ਇਕਿ ਮਨਿ=ਇਕ ਮਨ ਨਾਲ,ਮਨ ਲਾ ਕੇ,
ਕੰਧੁ=ਸਰੀਰ, ਮਨਿ ਲਿਜੈ=ਮੰਨ ਲਏ ਜਾਂਦੇ ਹਨ, ਸਚਿਆਰੀਆ=
ਸਚਿਆਰਿਆਂ,ਸੱਚ ਦੇ ਵਪਾਰੀਆਂ ਦਾ)

21

ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥
ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥
ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥
ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥
ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥

(ਚਵੇ=ਬੋਲਦੇ ਹਨ, ਜੁਗ=ਮਨੁੱਖਾ ਜਨਮ, ਰਵੇ=ਸਿਮਰਦੇ
ਹਨ, ਲਵੇ=ਬੋਲਦੇ ਹਨ, ਗਵੇ=ਪਹੁੰਚਦੇ ਹਨ)

22

ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥
ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥
ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥
ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥
ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥

(ਕੰਟਕੁ=ਕੰਡਾ, ਸੇਵਨਿ=ਸਿਮਰਦੇ ਹਨ)

23

ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥
ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥
ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥
ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥
ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥

(ਹਾਜਰੁ=ਪ੍ਰਤੱਖ, ਗੁਰਮੁਖਿ=ਗੁਰੂ ਦੇ ਸਨਮੁਖ ਹੋ ਕੇ)

24

ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥
ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥
ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥
ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥
ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥

(ਗਣਤ=ਚਿੰਤਾ ਫ਼ਿਕਰ, ਪਰਤੈ=ਪਰਤਿਆ,ਪਰਤਾਇਆ)

25

ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥
ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥
ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥
ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥
ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥

(ਕਸੰਮਲ=ਪਾਪ, ਭੰਨੇ=ਨਾਸ ਹੋ ਜਾਂਦੇ ਹਨ, ਕੰਨੀ ਸੁਣਿਆ=
ਗਹੁ ਨਾਲ ਸੁਣਿਆ, ਵੰਨ=ਰੰਗਣ, ਦੀਖਿਆ=ਸਿੱਖਿਆ)

26

ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥
ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥
ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥
ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥
ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥

(ਚਿਤ=ਚਿੱਤ ਨੂੰ, ਉਦਾਸਿ=ਉਦਾਸੀ, ਝਤਿ ਕਢਦੇ=ਸਮਾ ਲੰਘਾਂਦੇ ਹਨ,
ਗਡਈ=ਰਲਦਾ, ਨਿਰਜਾਸਿ=ਨਿਖੇੜਾ ਕਰ ਕੇ)

27

ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
ਸੰਨ੍ਹ੍ਹੀ ਦੇਨ੍ਹਿ ਵਿਖੰਮ ਥਾਇ ਮਿਠਾ ਮਦੁ ਮਾਣੀ ॥
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥

(ਫਾਹੇ=ਕਮੰਦ, ਅੰਦਰਿ ਠਾਣੀ=ਅੰਦਰਲੇ ਥਾਈਂ,
ਲੁਕਿ=ਲੁਕ ਕੇ, ਵਿਖੰਮ=ਔਖਾ, ਮਦੁ-ਸ਼ਰਾਬ)

28

ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥
ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥
ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥
ਸਚੈ ਸਾਹਿਬ ਮਾਰਿਆ ਕਉਣੁ ਤਿਸ ਨੋ ਰਖੈ ॥
ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥੨੮॥

(ਨਾਰਾਇਣਿ=ਨਾਰਾਇਣ ਤੋਂ, ਨਾਠੂੰਗੜਾ=ਠੇਡਾ,
ਅਮਿਤਿਆ-ਬੇਅੰਤ, ਵਿਸੋ=ਵਿਹੁ ਹੀ, ਭਖੈ=
ਸਕਦਾ ਹੈ, ਅਲਖੈ=ਅਲੱਖ,ਅਦ੍ਰਿਸ਼ਟ)

29

ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥
ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥
ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥
ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥
ਨਾਨਕ ਕਉ ਗੁਰਿ ਬਖਸਿਆ ਨਾਮੈ ਸੰਗਿ ਜੁਟੁ ॥੨੯॥

(ਤੁਸਿ=ਤੁੱਠ ਕੇ, ਬੁਟੁ=ਬੋਟ ਵਾਂਗ ਨਿਆਸਰੇ)

30

ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥
ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥
ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥
ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥
ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥

(ਆਇ ਲਗੇ ਨੀ=ਮੁੱਕ ਜਾਂਦੇ ਹਨ, ਲੁਣੀਐ=ਕੱਟੀਦਾ ਹੈ,
ਭਣੀਐ=ਅਖਵਾਂਦੇ ਹਨ, ਧਣੀਐ=ਧਣੀ,ਖਸਮ)

31

ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥
ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥
ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥
ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥
ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥
ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥

(ਪਾਹਾਰੈ=ਸੰਸਾਰ ਵਿਚ, ਪਸਾਰੇ ਵਿਚ, ਮੁਗਧ=
ਮੂਰਖ, ਤਿਨਿ ਪਾਰਬ੍ਰਹਮਿ=ਉਸ ਪਾਰਬ੍ਰਹਮ ਨੇ,
ਨਿਆਇ=ਨਿਆਂ ਅਨੁਸਾਰ)

32

ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥
ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥
ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥
ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥
ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥
ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥
ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥

(ਫਲਤੇ=ਫਲ ਦੇਂਦੇ ਹਨ, ਸਾਰੁ=ਕਰੜਾ, ਪਲਤੇ=
ਚੁੱਭ ਜਾਂਦਾ ਹੈ, ਘਤਿ=ਪਾ ਕੇ, ਗਲਾਵਾਂ=ਗਲ ਦਾ
ਰੱਸਾ, ਤਿਨਿ ਦੂਤਿ=ਉਸ ਜਮਦੂਤ ਨੇ, ਚਾਲਿਆ=
ਅੱਗੇ ਲਾ ਲਿਆ, ਪੁੰਨੀਆ=ਸਿਰੇ ਚੜ੍ਹੀ,ਪੂਰੀ ਹੋਈ,
ਪਰ ਮਲੁ=ਪਰਾਈ ਮੈਲ, ਹਿਰਤੇ=ਚੁਰਾਂਦਿਆਂ)

33

ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥
ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥
ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥
ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥
ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥

(ਨੋਟ=27-31 ਪਉੜੀਆਂ ਗੁਰੂ ਅਰਜਨ ਦੇਵ ਜੀ ਦੀਆਂ ਹਨ)

  • ਮੁੱਖ ਪੰਨਾ : ਬਾਣੀ, ਗੁਰੂ ਰਾਮ ਦਾਸ ਜੀ
  • ਮੁੱਖ ਪੰਨਾ : ਪੰਜਾਬੀ-ਕਵਿਤਾ.ਕਾਮ ਵੈਬਸਾਈਟ